
ਅੰਮ੍ਰਿਤਸਰ, 15 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰ.ਐੱਸ.ਐੱਸ. ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਕੀਤੀ ਜਾ ਰਹੀ ਬੇਲੋੜੀ ਦਖ਼ਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਲਿਖੇ ਇਸ ਪੱਤਰ ‘ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਦਾ ਮੁੱਢ ਬੰਨ੍ਹਿਆ ਸੀ, ਪਰ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਮੇਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅਤੇ ਭਾਜਪਾ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਨੂੰ ਉਲਝਾਉਣ ਲਈ ਸਿੱਧੇ ਤੌਰ ‘ਤੇ ਦਖਲ ਦਿੱਤਾ ਜਾ ਰਿਹਾ ਹੈ। ਇਸ ਦੀ ਮਿਸਾਲ ਇਸੇ ਮਹੀਨੇ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਮੌਕੇ ਸਾਹਮਣੇ ਆਈ ਹੈ।